Home Panjab ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ‘ਫਰਿਸ਼ਤੇ’ ਸਕੀਮ

ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ‘ਫਰਿਸ਼ਤੇ’ ਸਕੀਮ

58
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਨਹੀਂ ਹੈ। ਇਸ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਸਿਹਤ ਮੰਤਰੀ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿੱਚ ਤਿੰਨ ਸਰਕਾਰੀ ਹਸਪਤਾਲਾਂ- ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ ‘ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ‘ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ।

Previous articleਹਿਮਾਂਸ਼ੀ ਖੁਰਾਣਾ ਤੇ ਆਮਿਸ ਰਿਆਜ਼ ਦਾ ਹੋਇਆ ਬ੍ਰੇਕਅੱਪ
Next articleਪੁਲਸ ਕਮਿਸ਼ਨਰ ਨੂੰ ਹਾਈਕੋਰਟ ਤੋਂ ਮੰਗਣੀ ਪਈ ਮੁਆਫ਼ੀ

LEAVE A REPLY

Please enter your comment!
Please enter your name here