ਚੰਡੀਗੜ੍ਹ : ਪੰਜਾਬ ਸਣੇ ਚੰਡੀਗੜ੍ਹ ਅਤੇ ਹਰਿਆਣਾ ‘ਚ ਅਗਲੇ 3 ਦਿਨਾਂ ਲਈ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਯੈਲੋ ਅਲਰਟ ਅਧੀਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ।
ਇਸ ਦੇ ਨਾਲ ਹੀ ਵਿਭਾਗ ਨੇ ਵਾਹਨ ਚਾਲਕਾਂ ਨੂੰ ਵੀ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਕਿਉਂਕਿ ਧੁੰਦ ਕਾਰਨ ਅੱਗੇ ਕੁੱਝ ਨਜ਼ਰ ਨਹੀਂ ਆਉਂਦਾ ਅਤੇ ਇਨ੍ਹਾਂ ਦਿਨਾਂ ਦੌਰਾਨ ਸਭ ਤੋਂ ਜ਼ਿਆਦਾ ਹਾਦਸੇ ਵਾਪਰਦੇ ਹਨ। ਜੇਕਰ ਚੰਡੀਗੜ੍ਹ ‘ਚ ਤਾਪਮਾਨ ਦੀ ਗੱਲ ਕਰੀਏ ਤਾਂ ਮੰਗਲਵਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੀ ਰਾਤ ਸ਼ਹਿਰ ਦਾ ਪਾਰਾ 8 ਡਿਗਰੀ ਦਰਜ ਕੀਤਾ ਗਿਆ।
ਅੱਗੇ ਇਸ ਤਰ੍ਹਾਂ ਰਹੇਗਾ ਮੌਸਮ
- ਬੁੱਧਵਾਰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਧੁੰਦ ਪੈਣ ਦੀ ਵੀ ਸੰਭਾਵਨਾ ਹੈ।.
- ਵੀਰਵਾਰ ਸਵੇਰੇ ਅਤੇ ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟੋ-ਘੱਟ 7 ਡਿਗਰੀ ਹੋ ਸਕਦਾ ਹੈ।
- ਸ਼ੁੱਕਰਵਾਰ ਬੱਦਲ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟੋ-ਘੱਟ 8 ਡਿਗਰੀ ਹੋ ਸਕਦਾ ਹੈ।