Home latest News ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਕੀਤਾ ਖਬਰਦਾਰ

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਕੀਤਾ ਖਬਰਦਾਰ

106
0

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਾਰ-ਵਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਕਾਰਵਾਈ ਦੁੱਖਦਾਈ ਹੈ ਜਿਸ ਨਾਲ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਸਥਿਤ ਗੁਰਦੁਆਰੇ ਵਿੱਚ ਪੁਲਿਸ ਵੱਲੋਂ ਰਾਤ ਵੇਲੇ ਜਬਰੀ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨੀ ਸਰਾਸਰ ਗੁਰਦੁਆਰੇ ਦੀ ਮਰਿਆਦਾ ਦੀ ਉਲੰਘਣਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਤੇ ਗੁਰਮਰਿਆਦਾ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਕਾਰਵਾਈ ਨੇ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਤੇ ਹੁਣ ਮਾਨਸਾ ’ਚ ਗੁਰਦੁਆਰੇ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਦਰਕਿਨਾਰ ਕਰ ਕੇ ਪੁਲਿਸ ਵੱਲੋਂ ਸਿੱਖ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ। ਧਾਮੀ ਨੇ ਕਿਹਾ ਕਿ ਮਾਨਸਾ ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਬਿਲਕੁਲ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਕਿਵੇਂ ਪੁਲਿਸ ਦੇ ਕੁਝ ਕਰਮਚਾਰੀ ਕੰਧ ਟੱਪ ਕੇ ਗੁਰਦੁਆਰੇ ਅੰਦਰ ਦਾਖਲ ਹੁੰਦੇ ਹਨ ਤੇ ਸੇਵਾਦਾਰਾਂ ਨੂੰ ਕੁੱਟਣਾ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸ ਦਈਏ ਕਿ ਮਾਨਸਾ ਦੇ ਕਸਬਾ ਬੋਹਾ ਦੇ ਥਾਣਾ ਇੰਚਾਰਜ ਵੱਲੋਂ ਸ਼ਰਾਬ ਦੇ ਨਸ਼ੇ ‘ਚ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਦੇਰ ਰਾਤ ਗੁਰਦੁਆਰਾ ਸਾਹਿਬ ‘ਚ ਮੌਜੂਦ ਸੇਵਾਦਾਰਾਂ ਦੀ ਕੁੱਟਮਾਰ ਤੇ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਸਾਰੀ ਘਟਨਾ ਇੱਕ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਥਾਣਾ ਬੋਹਾ ਦੇ ਸਾਹਮਣੇ ਧਰਨਾ ਦਿੱਤਾ ਤੇ ਰੋਸ ਪ੍ਰਗਟ ਕਰਦਿਆਂ ਹੋਇਆ ਗੁਰੂਘਰ ‘ਚ ਦਾਖਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਖੁਦ ਮੰਨਿਆ ਕਿ ਵੋਹਾ ਥਾਣੇ ਦਾ ਇੰਚਾਰਜ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ ਤੇ ਉੱਥੇ ਸੇਵਾਦਾਰਾਂ ਨਾਲ ਬਦਸਲੂਕੀ ਕੀਤੀ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।

Previous articleਵੈਸਟਨ ਡਿਸਟਰਬੈਂਸ ਦਾ ਅਸਰ ਖਤਮ
Next articleਅੰਮ੍ਰਿਤਸਰ ‘ਚ ਪਤੰਗਬਾਜ਼ੀ ਦੌਰਾਨ ਦੋ ਧੜਿਆਂ ‘ਚ ਹੋਈ ਖੂਨੀ ਝੜਪ

LEAVE A REPLY

Please enter your comment!
Please enter your name here