ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲਾ ਕੇ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ ਸਗੋਂ ਕਿਸਾਨਾਂ ਦੀਆਂ ਮੰਗਾਂ ਮੰਨ ਲਵੋ। ਸੀਐਮ ਮਾਨ ਨੇ ਕੇਂਦਰ ਸਰਕਾਰ ਉਪਰ ਹੱਲਾ ਬੋਲਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ। ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ।
ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਪਰ ਲਿਖਿਆ….ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ…ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਲਓ…ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ…ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ…ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲੱਗਾ ਕੇ ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ…
ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਮੁੜ ਦਿੱਲੀ ਘੇਰਨ ਦਾ ਐਲਾਨ ਕਰਨ ਮਗਰੋਂ ਦੇਸ਼ ਵਿੱਚ ਸਿਆਸੀ ਹਲਚਲ ਵਧ ਗਈ ਹੈ। ਇੱਕ ਪਾਸੇ ਵਿਰੋਧੀ ਧਿਰਾਂ ਨੇ ਮੁੜ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੇ ਦਿੱਲੀ ਕੂਚ ਲਈ ਜੰਗੀ ਪੱਧਰ ‘ਤੇ ਤਿਆਰੀ ਕੀਤੀ ਹੈ। ਪੰਜਾਬ ਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਖੁਫੀਆ ਰਿਪੋਰਟਾਂ ਅਨੁਸਾਰ ਕਿਸਾਨਾਂ ਨੇ ਦਿੱਲੀ ਮਾਰਚ ਲਈ ਵਿਸ਼ੇਸ਼ ਕਿਸਮ ਦੇ ਟਰੈਕਟਰ ਤਿਆਰ ਕੀਤੇ ਹਨ। ਇਨ੍ਹਾਂ ਟਰੈਕਟਰਾਂ ਵਿੱਚ ਹਾਈਡ੍ਰੌਲਿਕਸ ਲਾਏ ਗਏ ਹਨ ਜੋ ਬੈਰੀਕੇਡਾਂ ਤੇ ਪੱਥਰਾਂ ਨੂੰ ਹਟਾਉਣ ਦੇ ਸਮਰੱਥ ਹਨ। ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਨੂੰ ਸੁਚੇਤ ਕਰਦਿਆਂ ਏਜੰਸੀਆਂ ਨੇ ਕਿਹਾ ਹੈ ਕਿ ਦਿੱਲੀ ਮਾਰਚ ਤਹਿਤ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ਤੋਂ 5000 ਟਰੈਕਟਰਾਂ ਨਾਲ 25 ਹਜ਼ਾਰ ਤੋਂ ਵੱਧ ਕਿਸਾਨ ਇੱਕੋ ਸਮੇਂ ਨਿਕਲਣਗੇ। ਇਸੇ ਦੌਰਾਨ ਅੱਜ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦਾ ਦੂਜਾ ਦੌਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਵੇਗਾ। ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਤੇ ਨਿਤਿਆਨੰਦ ਰਾਏ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 10 ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ।