Home Desh ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ

ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ

69
0

ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਖਨੌਰੀ-ਜੀਂਦ ਬਾਰਡਰ ਉਪਰ ਦਿੱਲੀ ਜਾਣ ਲਈ ਡਟੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ 70 ਸਾਲਾ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਮਨਜੀਤ ਸਿੰਘ 12 ਤਰੀਕ ਨੂੰ ਖਨੌਰੀ ਬਾਰਡਰ ‘ਤੇ ਆਇਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਕਿਸਾਨ ਦੀ ਸ਼ੰਭੂ ਬਾਰਡਰ ‘ਤੇ ਮੌਤ ਹੋ ਗਈ ਸੀ। ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਡਟੀਆਂ ਹੋਈਆਂ ਹਨ। ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਪੰਜਾਬ ਦੀਆਂ ਹੱਦਾਂ ਅੰਦਰ ਹੀ ਰੋਕ ਕੇ ਰੱਖਿਆ ਹੋਇਆ ਹੈ। ਉਧਰ, ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਉਹ 19 ਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਫਰਵਰੀ ਸਵੇਰੇ 11 ਵਜੇ ਤੱਕ ਸਟੈਂਡਬਾਏ ‘ਤੇ ਰੱਖਿਆ ਗਿਆ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨੂੰ ਦਿੱਤੇ ਨਵੇਂ ਪ੍ਰਸਤਾਵ ਤੋਂ ਹੋਇਆ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਕਿ ਤਿੰਨ ਫਸਲਾਂ ਮੱਕੀ, ਕਪਾਹ ਤੇ ਦਾਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦਿਆ ਜਾ ਸਕਦਾ ਹੈ ਪਰ ਇਸ ਲਈ ਪੰਜ ਸਾਲ ਦਾ ਕੰਟਰੈਕਟ ਕਰਨਾ ਪਵੇਗਾ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਿਸਾਨਾਂ ਨੇ ਮੱਕੀ ਤੇ ਕਪਾਹ ਵੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੀ ਮੰਗ ਕੀਤੀ ਹੈ। ਇਸ ‘ਤੇ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ ਅਸੀਂ ਫੈਸਲਾ ਕੀਤਾ ਹੈ ਕਿ NCCF ਤੇ NAFED ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣ। ਇਸ ਬਾਰੇ 5 ਸਾਲਾਂ ਲਈ ਕਾਨਟਰੈਕਟ ਕੀਤਾ ਜਾਏ। ਇਸ ਲਈ ਇੱਕ ਪੋਰਟਲ ਵੀ ਬਣਾਇਆ ਜਾਵੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ।

Previous articleMSP ‘ਤੇ ਖਰੀਦ ਨੂੰ ਲੈ ਕੇ ਮੋਦੀ ਸਰਕਾਰ ਨੇ ਕਿਸਾਨਾਂ ਸਾਹਮਣੇ ਰੱਖਿਆ ਇਹ ਪ੍ਰਸਤਾਵ
Next articleਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਬਦਲਿਆ ਮੌਸਮ ਦਾ ਮਜ਼ਾਜ

LEAVE A REPLY

Please enter your comment!
Please enter your name here