ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਖੇਤਰਾਂ ਵਿੱਚ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸ਼ਾਮਲ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 19 ਤੋਂ 22 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਤੋਂ ਭਾਵ 19 ਫਰਵਰੀ ਤੋਂ 22 ਫਰਵਰੀ ਦਰਮਿਆਨ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ, ਹਨ੍ਹੇਰੀ ਅਤੇ ਗੜੇਮਾਰੀ ਹੋਵੇਗੀ। ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਸ਼ਮੀਰ ਘਾਟੀ ਦੇ ਜ਼ਿਆਦਾਤਰ ਖੇਤਰਾਂ ਵਿੱਚ 18 ਤੋਂ 21 ਫਰਵਰੀ ਤੱਕ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ, ਜਦਕਿ ਮੈਦਾਨੀ ਅਤੇ ਨੀਵੇਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਹਿੱਸਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।
ਤੇਜ਼ ਹਵਾਵਾਂ : 20 ਤੱਕ ਪੰਜਾਬ ਵਿੱਚ ਚੱਲਣਗੀਆਂ ਹਵਾਵਾਂ
ਵੈਸਟਰਨ ਡਿਸਟਰਬੈਂਸ ਕਾਰਨ 18 ਤੋਂ 20 ਫਰਵਰੀ ਦੌਰਾਨ ਪੰਜਾਬ ਵਿੱਚ ਅਤੇ 19 ਅਤੇ 20 ਫਰਵਰੀ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ।
ਗੜੇਮਾਰੀ: 18 ਫਰਵਰੀ ਨੂੰ ਜੰਮੂ, 18 ਤੋਂ 19 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ 18 ਤੋਂ 20 ਫਰਵਰੀ ਨੂੰ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 19 ਅਤੇ 20 ਫਰਵਰੀ ਤੱਕ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ।