ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਪ੍ਰਸਤਾਵ ਰੱਦ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨਾਲ ਖੜ੍ਹਾ ਹਾਂ। ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹਾਂ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਗਲੱਬਾਤ ਰਾਹੀਂ ਮਸਲਾ ਹੱਲ ਕਰਵਾਉਣ ਲਈ ਵਿਚੋਲਗੀ ਕਰ ਰਹੇ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀਆਂ ਹਨ। ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਖੇਤਰ ਵਿੱਚ ਕਿਸਾਨਾਂ ’ਤੇ ਹਮਲਾ ਕਰਨ ਵਾਲੇ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਇਨਕਾਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਤ ਕੀਤਾ ਹੈ ਕਿ ਉਹ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ।
ਹਰਸਿਮਰਤ ਬਾਦਲ ਨੇ ਸੀਐਮ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨਾਲ ਰਲਗੱਡ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇ ਸੀਐਮ ਮਾਨ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੁੰਦੀ ਤਾਂ ਉਹ ਡ੍ਰੋਨਾਂ ਤੇ ਰਬੜ ਦੀਆਂ ਗੋਲੀਆਂ ਦਾ ਨਿਸ਼ਾਨਾ ਪਹਿਲਾਂ ਆਪ ਬਣਦੇ ਨਾ ਕਿ ਕਿਸਾਨਾਂ ਨੂੰ ਇਨ੍ਹਾਂ ਦਾ ਸ਼ਿਕਾਰ ਹੋਣ ਦਿੰਦੇ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਢਾਈ ਸਾਲ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਨਿਖੇਧੀ ਕੀਤੀ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿੱਚ ਭਾਰਤ ਸਰਕਾਰ ਵੱਲੋਂ ਪੰਜ ਫ਼ਸਲਾਂ ’ਤੇ ਐਮਐਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ 21 ਫਰਵਰੀ ਨੂੰ 11 ਵਜੇ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਸਾਫ ਕੀਤਾ ਕਿ ਕੇਂਦਰ ਸਰਕਾਰ 23 ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਲਈ ਗਾਰੰਟੀ ਕਾਨੂੰਨ ਬਣਾਏ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ ਬਹਿਰੂ ਤੇ ਹੋਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਤਜਵੀਜ਼ ਦੀ ਪੜਚੋਲ ਕੀਤੀ ਗਈ ਤੇ ਇਸ ਵਿੱਚ ਕੁਝ ਵੀ ਨਹੀਂ ਸੀ। ਆਗੂਆਂ ਨੇ ਕਿਹਾ ਕਿ ਤਜਵੀਜ਼ ਕਿਸੇ ਵੀ ਤਰ੍ਹਾਂ ਕਿਸਾਨ ਹਿੱਤ ਵਿੱਚ ਨਹੀਂ ਤੇ ਮਾਹਿਰਾਂ ਦੀ ਮਦਦ ਨਾਲ ਪੂਰੀ ਘੋਖ ਕਰਨ ਮਗਰੋਂ ਹੀ ਇਸ ਨੂੰ ਰੱਦ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਇੱਕ ਲੁਕਵੀਂ ਚਾਲ ਚੱਲੀ ਸੀ। ਪੰਜ ਫ਼ਸਲਾਂ ’ਤੇ ਐਮਐਸਪੀ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤੀ ਜਾਣੀ ਸੀ, ਜੋ ਝੋਨੇ ਤੇ ਕਣਕ ਦੀ ਫਸਲ ਬੀਜਣ ਤੋਂ ਕਿਨਾਰਾ ਕਰਨਗੇ। ਆਗੂਆਂ ਨੇ ਕਿਹਾ ਕਿ ਕੇਂਦਰ ਨੇ ਦੇਸ਼ ਭਰ ਦੇ ਕਿਸਾਨਾਂ ਵਿੱਚ ਵੰਡੀਆਂ ਪਾਉਣ ਲਈ ਚਾਲ ਚੱਲੀ ਸੀ ਪਰ ਕਿਸਾਨ ਭਰਾਵਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਉਹ ਕੇਂਦਰ ਸਰਕਾਰ ਦੀ ਪੇਸ਼ਕਸ਼ ਨੂੰ ਰੱਦ ਕਰਦੇ ਹਨ।