ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਹੈ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਤਲੁਜ ਦਰਿਆ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਚੰਨੀ ਨੇ ‘ਪੰਜਾਬੀ ਜਾਗਰਣ’ ਦੇ ਦਫ਼ਤਰ ’ਚ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਨਹਿਰੀ ਵਿਭਾਗ ਰਾਹੀਂ ਪੰਜਾਬ ’ਚ ਪਾਣੀ ਵਾਧੂ ਹੋਣ ਦੀ ਰਿਪੋਰਟ ਤਿਆਰ ਕਰਵਾਈ ਜਾ ਰਹੀ ਹੈ। ਨਹਿਰੀ ਵਿਭਾਗ ਦੇ ਪਟਵਾਰੀ ਰਿਪੋਰਟ ਤਿਆਰ ਕਰ ਰਹੇ ਹਨ ਤੇ ਕਈ ਥਾਵਾਂ ’ਤੇ ਇਸ ਦਾ ਵਿਰੋਧ ਵੀ ਕੀਤਾ ਗਿਆ ਹੈ। ਸਰਕਾਰ ਨੇ ਇਹ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ ਕਿ ਪੰਜਾਬ ’ਚ 100 ਫ਼ੀਸਦੀ ਖੇਤਾਂ ਨੂੰ ਨਹਿਰ ਤੋਂ ਪਾਣੀ ਦੀ ਸਪਲਾਈ ਹੋ ਰਹੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਰਿਪੋਰਟ ਤਿਆਰ ਕਰ ਰਹੀ ਹੈ ਕਿ ਪੰਜਾਬ ਕੋਲ ਪਾਣੀ ਵਾਧੂ ਹੈ ਤੇ ਖੇਤਾਂ ਨੂੰ ਸਪਲਾਈ ਹੋ ਰਿਹਾ ਹੈ। ਇਸ ਰਿਪੋਰਟ ਦੇ ਸੁਪਰੀਮ ਕੋਰਟ ’ਚ ਪੇਸ਼ ਹੋਣ ’ਤੇ ਸਤਲੁਜ ਯਮੁਨਾ Çਲੰਕ ਨਹਿਰ ਮਾਮਲੇ ’ਚ ਪੰਜਾਬ ਦਾ ਪੱਖ ਕਮਜ਼ੋਰ ਹੋ ਜਾਵੇਗਾ। ਆਮ ਆਦਮੀ ਪਾਰਟੀ ਸਰਕਾਰ ਦੀ ਇਹੀ ਸਾਜ਼ਿਸ਼ ਹੈ ਕਿ ਪੰਜਾਬ ਸੁਪਰੀਮ ਕੋਰਟ ’ਚ ਕੇਸ ਹਾਰ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਕਰ ਰਹੇ ਹਨ।ਚੰਨੀ ਨੇ ਕਿਹਾ ਕਿ ਉਹ ਪੰਜਾਬ ਦਾ ਇਕ ਬੂੰਦ ਪਾਣੀ ਵੀ ਦੂਸਰੇ ਸੂਬਿਆਂ ਨੂੰ ਦੇਣ ਦੇ ਖ਼ਿਲਾਫ਼ ਹਨ ਤੇ ਇਸ ਲਈ ਪੂੂਰੀ ਲੜਾਈ ਲੜਨਗੇ। ਪੰਜਾਬ ’ਚ ਪਾਣੀ ਦੀ ਹੀ ਘਾਟ ਹੈ ਤੇ ਅਜਿਹਾ ਹੀ ਰਿਹਾ ਤਾਂ ਪੰਜਾਬ ਦੇ ਹਾਲਾਤ ਵੀ ਰਾਜਸਥਾਨ ਵਰਗੇ ਹੋ ਸਕਦੇ ਹਨ। ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ’ਤੇ ਆਪਣਾ ਸਪੱਸ਼ਟੀਕਰਨ ਤੁਰੰਤ ਦੇਣਾ ਚਾਹੀਦਾ ਹੈ ਕਿਉਂਕਿ ਇਹ ਪੰਜਾਬ ਦੀ ਕਿਸਾਨੀ ਤੇ ਹਰ ਘਰ ਨਾਲ ਜੁੜਿਆ ਮਾਮਲਾ ਹੈ। ਉਧਰ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਗੱਠਜੋੜ ਦੇ ਸਵਾਲ ’ਤੇ ਕਿਹਾ ਕਿ ਪੰਜਾਬ ’ਚ ਅਜਿਹਾ ਕੋਈ ਗੱਠਜੋੜ ਨਹੀਂ ਹੈ, ਉਹ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ। ਉਹ ਲੋਕ ਸਭਾ ਦੇ ਅੰਦਰ ਤੇ ਬਾਹਰ ਹਰ ਜਗ੍ਹਾ ਆਮ ਆਦਮੀ ਪਾਰਟੀ ਦਾ ਖੁੱਲ੍ਹਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਕਰਾਰੀ ਹਾਰ ਦਾ ਸਾਹਮਣਾ ਕਰੇਗੀ। ਕਾਂਗਰਸ ਦੀ ਸਟਾਰ ਕੈਂਪੇਨਰ ਦੀ ਸੂਚੀ ’ਚ ਸ਼ਾਮਲ ਕੀਤੇ ਗਏ ਨਵਜੋਤ ਸਿੰਘ ਸਿੱਧੂ ਦੇ ਪ੍ਰਚਾਰ ਲਈ ਜ਼ਰੂਰਤ ਦੇ ਸਵਾਲ ’ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੂੰ ਇਕ-ਇਕ ਵੋਟ ਇਕ-ਇਕ ਵਰਕਰ ਦੀ ਜ਼ਰੂਰਤ ਹੁੰਦੀ ਹੈ। ਜਿਸ ਤਰ੍ਹਾਂ ਉਹ ਪਾਰਟੀ ਲਈ ਕੰਮ ਕਰ ਰਹ ਹਨ, ਉਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਵੀ ਆਪਣੇ ਕੰਮ ’ਤੇ ਹਨ। ਬੇਸ਼ੱਕ ਇਸ ਸਮੇਂ ਉਹ ਕੁਮੈਂਟਰੀ ਕਰ ਰਹੇ ਹਨ ਕਿਉਂਕਿ ਸਾਰਿਆਂ ਲਈ ਰੋਜ਼ੀ ਰੋਟੀ ਦਾ ਜੁਗਾੜ ਵੀ ਜ਼ਰੂਰੀ ਹੈ।