Home Desh PM ਮੋਦੀ ਦੀ ਪਟਿਆਲਾ ਫੇਰੀ ਨੇ ਸੁਰੱਖਿਆ ਏਜੰਸੀਆਂ ਦੇ ਸਾਹ ਸੂਤੇ, 2022...

PM ਮੋਦੀ ਦੀ ਪਟਿਆਲਾ ਫੇਰੀ ਨੇ ਸੁਰੱਖਿਆ ਏਜੰਸੀਆਂ ਦੇ ਸਾਹ ਸੂਤੇ, 2022 ’ਚ ਵਿਰੋਧ ਕਾਰਨ ਨਹੀਂ ਪੁੱਜ ਸਕੇ ਸੀ ਰੈਲੀ ’ਚ; ਹੁਣ ਵੀ ਵਿਰੋਧ ਦਾ ਖ਼ਤਰਾ

142
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਪਹਿਲੀ ਵੱਡੀ ਰੈਲੀ ਨੂੰ ਸੰਬੋਧਨ ਕਰਨ ਪੁੱਜ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਪਹਿਲੀ ਵੱਡੀ ਰੈਲੀ ਨੂੰ ਸੰਬੋਧਨ ਕਰਨ ਪੁੱਜ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਤੇ ਰੈਲੀ ਵਿਚ ਸ਼ਿਰਕਤ ਕੀਤੇ ਬਿਨਾਂ ਹੀ ਪਰਤਣਾ ਪਿਆ ਸੀ। ਹੁਣ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਰੈਲੀ ਵਿਚ ਪੁੱਜ ਰਹੇ ਮੋਦੀ ਦੀ ਸੁਰੱਖਿਆ ਵੀ ਏਜੰਸੀਆਂ ਲਈ ਚਣੌਤੀ ਬਣੀ ਹੋਈ ਹੈ। ਇਕ ਪਾਸੇ ਪ੍ਰਧਾਨ ਮੰਤਰੀ ਦੇ ਸਮਰਥਕਾਂ ਵੱਲੋਂ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਅਤੇ ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ।ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣ ਦੀ ਉਮੀਦ ਹੈ। ਪੀਐਮ ਦੀ ਪਹਿਲੀ ਰੈਲੀ ਪਟਿਆਲਾ ਵਿੱਚ ਹੋਣ ਜਾ ਰਹੀ ਹੈ ਅਤੇ ਕਿਸਾਨ ਇਸ ਦਾ ਸਖ਼ਤ ਵਿਰੋਧ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਪੀਐਮ ਤੇ ਭਾਜਪਾ ਸਰਕਾਰ ਦੀਆਂ ਨੀਤੀਆਂ ਦੇ ਲਗਾਤਾਰ ਵਿਰੋਧ ਵਿੱਚ ਹਨ ਅਤੇ ਹੁਣ ਉਹ ਪੰਜਾਬ ਵਿੱਚ ਪੰਜਾਬ ਦੀਆਂ ਰੈਲੀਆਂ ਦਾ ਵਿਰੋਧ ਕਰਨ ਦੀ ਤਿਆਰੀ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ  ਜਲੰਧਰ ’ਚ ਸੁਰੱਖਿਆ ਦੇ ਇੰਤਜ਼ਾਮ ਸਖਤ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਸਥਾਨਕ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ ਅਤੇ ਸੁਰੱਖਿਆ ਵਧਾ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਵਲੋਂ ਸਾਰੇ ਸੁਰੱਖਿਆ ਪ੍ਰਬੰਧਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਏਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਦੀ ਰੈਲੀ ਦੇ ਸੁਰੱਖਿਆ ਪ੍ਰਬੰਧਾਂ ਦਾ ਜ਼ਿੰਮਾ ਸੌਂਪਿਆ ਗਿਆ ਹੈ। ਜਿਨ੍ਹਾਂ ਵੱਲੋਂ ਅੱਜ ਰੈਲੀ ਵਾਲੀ ਜਗ੍ਹਾ ’ਤੇ ਪੁੱਜ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਦੇ ਨਾਲ ਪਟਿਆਲਾ ਜ਼ਿਲ੍ਹੇ ਦੇ ਅੰਤਰਰਾਜੀ ਬਾਰਡਰਾਂ ’ਤੇ ਪੁਲਿਸ ਦਾ ਪਹਿਰਾ ਸਖ਼ਤ ਕਰਦਿਆਂ ਆਉਣ-ਜਾਣ ਵਾਲਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ 2022 ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ ਵਿੱਚ ਆਏ ਸਨ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦੀ ਉਲੰਘਣਾ 5 ਜਨਵਰੀ, 2022 ਨੂੰ ਹੋਈ ਸੀ, ਜਦੋਂ ਮੋਦੀ ਫਿਰੋਜ਼ਪੁਰ ਦੇ ਹੁਸੈਨੀਵਾਲਾ ਜਾ ਰਹੇ ਸਨ। ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਕਰੀਬ 30 ਕਿਲੋਮੀਟਰ ਦੂਰ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਫਲਾਈਓਵਰ ’ਤੇ ਪਹੁੰਚਿਆ ਤਾਂ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਕਰ ਦਿੱਤੀ ਗਈ ਸੀ। ਫਿਰੋਜ਼ਪੁਰ ’ਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਜਾਮ ਕਾਰਨ ਮੋਦੀ ਦਾ ਕਾਫਲਾ ਫਲਾਈਓਵਰ ’ਤੇ 15-20 ਮਿੰਟ ਤੱਕ ਫਸਿਆ ਰਿਹਾ। ਇਸ ਤੋਂ ਬਾਅਦ ਉਹ ਪੰਜਾਬ ਤੋਂ ਰੈਲੀ ਸਮੇਤ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਿਨਾਂ ਪਰਤ ਗਏ। ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਇਸ ਘਟਨਾ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਇੱਕ ਵੱਡੀ ਉਲੰਘਣਾ ਵਜੋਂ ਦੇਖਿਆ ਗਿਆ ਸੀ। ਸੁਰੱਖਿਆ ਉਲੰਘਣਾ ਦੀ ਜਾਂਚ ਕਰਨ ਵਾਲੀ ਸੁਪਰੀਮ ਕੋਰਟ ਦੁਆਰਾ ਨਿਯੁਕਤ ਕਮੇਟੀ ਨੇ ਸੁਰੱਖਿਆ ਉਲੰਘਣਾ ਲਈ ਕਈ ਰਾਜ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ ਦੇ ਮਾਮਲੇ ਵਿੱਚ ਕੁੱਲ 7 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ 23 ਮਈ ਨੂੰ ਪਟਿਆਲਾ ਵਿਖੇ ਪੁੱਜ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਂਤਮਈ ਵਿਰੋਧ ਕਰਨਗੀਆਂ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਸ਼ਕਤੀ ਅੱਗੇ ਗੋਡੇ ਟੇਕਦਿਆਂ ਤਿੰਨ ਕਾਲੇ ਕਾਨੂੰਨ ਖਤਮ ਕਰਕੇ ਕਿਸਾਨ ਜਥੇਬੰਦੀਆਂ ਨਾਲ ਲਿਖਤੀ ਸਮਝੌਤਾ 9 ਦਸੰਬਰ 2021 ਨੂੰ ਕੀਤਾ ਸੀ। ਉਸ ਤੋਂ ਕਿਉਂ ਮੁੱਕਰੇ ਅਤੇ ਜਦੋਂ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਹਜ਼ਾਰਾਂ ਕਿਸਾਨ 13 ਫਰਵਰੀ ਨੂੰ ਸ਼ਾਂਤਮਈ ਦਿੱਲੀ ਜਾ ਰਹੇ ਸਨ ਤਾਂ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਵੱਡੀਆਂ ਰੋਕਾਂ ਖੜ੍ਹੀਆਂ ਕਰ ਕੇ ਕਿਸਾਨਾਂ ’ਤੇ ਤਸ਼ੱਦਦ ਕੀਤਾ ਜਿਸ ਕਰਕੇ ਕਿਸਾਨਾਂ ਵਿਚ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਰੋਸ ਹੈ।

Previous articleਸੁਖਪਾਲ ਖਹਿਰਾ ਦੇ ਚੋਣ ਪ੍ਰਚਾਰ ’ਚ ਕੁੱਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਖਹਿਰਾ ਦੇ ਹੱਕ ’ਚ ਕੀਤੀਆਂ ਚੋਣ ਰੈਲੀਆਂ
Next articlePunjab: Sidhu Musewala ਨਾਲ ਵਾਰਦਾਤ ਦੌਰਾਨ ਥਾਰ ‘ਚ ਸਵਾਰ ਦੋਵੇਂ ਸਾਥੀ ਅਦਾਲਤ ‘ਚ ਨਹੀਂ ਹੋਏ ਪੇਸ਼, ਬਤੌਰ ਗਵਾਹ ਹੋਣੀ ਸੀ ਦੋਵਾਂ ਦੀ ਪੇਸ਼ੀ

LEAVE A REPLY

Please enter your comment!
Please enter your name here