ਮਹਾਨ ਸਿੱਖ ਕ੍ਰਾਂਤੀਕਾਰੀ ਤੇ ਆਜ਼ਾਦੀ ਸੰਗ੍ਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ
ਮਹਾਨ ਸਿੱਖ ਕ੍ਰਾਂਤੀਕਾਰੀ ਤੇ ਆਜ਼ਾਦੀ ਸੰਗ੍ਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਰੱਬੋਂ ਉੱਚੀ ਵਿਖੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਦੇਖ-ਰੇਖ ਹੇਠ ਚੱਲ ਰਹੇ ਸਮਾਗਮ ’ਚ ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ। ਉਨ੍ਹਾਂ ਨਾਲ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ, ਉਪ ਮੰਡਲ ਮੈਜਿਸਟ੍ਰੇਟ ਪਾਇਲ ਚਰਨਜੀਤ ਸਿੰਘ, ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ, ਬੀਡੀਪੀਓ ਗੁਰਦਰਸ਼ਨ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ, ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲੇ, ਸੰਤ ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਸੰਤ ਬਾਬਾ ਰਣਜੀਤ ਸਿੰਘ ਨੱਥੂਮਾਜਰਾ, ਭਾਈ ਸਤਨਾਮ ਸਿੰਘ ਭੀਖੀ ਕੀਰਤਨੀ ਜੱਥਾ, ਭਾਈ ਗੁਰਸੇਵਕ ਸਿੰਘ ਹਜ਼ੂਰੀ ਜੱਥਾ ਸ੍ਰੀ ਦਰਬਾਰ, ਸੰਤ ਬਾਬਾ ਮਹਿੰਦਰ ਸਿੰਘ, ਸੰਤ ਬਾਬਾ ਰਾਜਨ ਸਿੰਘ ਲੁਧਿਆਣਾ, ਭਾਈ ਤਰਸੇਮ ਸਿੰਘ ਹਰਖੋਵਾ ਪ੍ਰਮੁੱਖ ਸਖ਼ਸ਼ੀਅਤਾਂ ਮੌਜੂਦ ਸਨ।
ਇਸ ਦੌਰਾਨ ਸੰਧਵਾਂ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਜਿਨ੍ਹਾਂ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ’ਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ। ਬਾਬਾ ਮਹਾਰਾਜ ਸਿੰਘ ਜੀ ਮਹਾਨ ਦੇਸ਼ ਭਗਤ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੱਸਿਆ ਕਿ 1857 ਦੇ ਵਿਦ੍ਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰਗ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ, ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ ਕੀਤੀ ਸੀ ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ। ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਕਈ ਤੰਗੀਆਂ ਨਾਲ ਜੂਝਦੇ ਹੋਏ 5 ਜੁਲਾਈ, 1856 ਨੂੰ ਸ਼ਹੀਦ ਹੋ ਗਏ। ਸੰਧਵਾਂ ਨੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਸ਼ਹੀਦੀ ਅਸਥਾਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਉਨ੍ਹਾਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਪਾਇਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਕਰਵਾਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਰੱਖਦਿਆਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਸਿਲੇਬਸ ਸਕੂਲਾਂ ਦੀਆਂ ਕਿਤਾਬਾਂ ’ਚ ਹੋਣਾ ਚਾਹੀਦਾ ਹੈ, ਜਿਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਸਿਲੇਬਸ ਪੜ੍ਹਾਉਣ ਲਈ ਸਿੱਖਿਆ ਮੰਤਰੀ ਪੰਜਾਬ ਨਾਲ ਗੱਲਬਾਤ ਕਰਨਗੇ ਤਾਂ ਜੋ ਜਲਦੀ ਇਸ ਨੂੰ ਅਮਲੀ ਰੂਪ ਦਿੱਤਾ ਜਾਵੇ।
ਇਸ ਮੌਕੇ ਪ੍ਰਗਟ ਸਿੰਘ ਸਿਆੜ, ਅਵਿਨਾਸ਼ਪ੍ਰੀਤ ਸਿੰਘ ਜੱਲਾ, ਚੇਅਰਮੈਨ ਤਰਲੋਚਨ ਸਿੰਘ, ਚੇਅਰਮੈਨ ਬੂਟਾ ਸਿੰਘ ਰਾਣੋ, ਪ੍ਰਧਾਨ ਸੁਖਦਰਸ਼ਨ ਕੁਮਾਰ ਪੱਪੂ, ਗੁਰਪ੍ਰੀਤ ਸਿੰਘ ਘਣਗਸ, ਕਰਮਜੀਤ ਸਿੰਘ ਰੱਬੋਂ, ਰਛਪਾਲ ਸਿੰਘ ਪਾਲਾ ਸੋਮਲਖੇੜੀ, ਭਾਗ ਸਿੰਘ, ਰਾਣਾ ਕੂਨਰ, ਜਤਿੰਦਰਪਾਲ ਸਿੰਘ ਲਸਾੜਾ, ਹਰਭਜਨ ਸਿੰਘ ਸੰਦੀਲਾ, ਮਨਜੀਤ ਸਿੰਘ ਰੋੜੀਆਂ, ਸਤਨਾਮ ਸਿੰਘ ਸੱਤਾ ਰੋੜੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ, ਮੀਤ ਪ੍ਰਧਾਨ ਛਿੰਦਰ ਪਾਲ ਸਿੰਘ, ਦਰਸ਼ਨ ਸਿੰਘ, ਸਰਪੰਚ ਤੇਜਿੰਦਰ ਸਿੰਘ, ਮਨਪ੍ਰੀਤ ਸਿੰਘ, ਤਰਸੇਮ ਸਿੰਘ, ਹਰਵਿੰਦਰ ਸਿੰਘ, ਪੰਚ ਰਾਮ ਸਿੰਘ, ਗੁਰਵਿੰਦਰ ਸਿੰਘ, ਇੰਦਰ ਸਿੰਘ, ਜਗਜੀਤ ਸਿੰਘ, ਡਾ. ਕਰਮਜੀਤ ਸਿੰਘ ਆਦਿ ਹਾਜ਼ਰ ਸਨ।