ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ’ਤੇ ਰਾਊਜ਼ ਐਵੇਨਿਊ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਤਿੰਨ ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ’ਤੇ ਰਾਊਜ਼ ਐਵੇਨਿਊ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਸ਼ੁੱਕਰਵਾਰ ਨੂੰ ਸੀਬੀਆਈ ਤੇ ਬਚਾਅ ਧਿਰ ਦਾ ਤਰਕ ਸੁਣਨ ਤੋਂ ਬਾਅਦ ਕਿਹਾ ਕਿ ਫ਼ੈਸਲਾ ਦੋ ਅਗਸਤ ਨੂੰ ਸੁਣਾਇਆ ਜਾ ਸਕਦਾ ਹੈ।
ਸੀਬੀਆਈ ਨੇ ਇਕ ਗਵਾਹ ਦੇ ਹਵਾਲੇ ਨਾਲ ਚਾਰਜਸ਼ੀਟ ’ਚ ਦੋਸ਼ ਲਗਾਇਆ ਸੀ ਕਿ ਟਾਈਟਲਰ ਨੇ ਪਹਿਲੀ ਨਵੰਬਰ, 1984 ਨੂੰ ਗੁਰਦੁਆਰਾ ਪੁਲ ਬੰਗਸ਼ ਸਾਹਮਣੇ ਇਕ ਸਫ਼ੈਦ ਅੰਬੈਸਡਰ ਕਾਰ ’ਚੋਂ ਬਾਹਰ ਨਿਕਲ ਕੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ ਸੀ। ਇਹ ਵੀ ਦੋਸ਼ ਲਗਾਇਆ ਕਿ ਟਾਈਟਲਰ ਨੇ ਭੀੜ ਨੂੰ ਕਿਹਾ ਸੀ ਕਿ ਸਿੱਖਾਂ ਨੂੰ ਮਾਰ ਦਿਓ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ। ਟਾਈਟਲਰ ਕਾਰਨ ਤਿੰਨ ਲੋਕਾਂ ਦੀ ਹੱਤਿਆ ਹੋਈ ਸੀ। 31 ਅਕਤੂਬਰ, 1984 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਿੱਖ ਬਾਡੀਗਾਰਡਾਂ ਵੱਲੋਂ ਹੱਤਿਆ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ’ਚ ਸਿੱਖ ਵਿਰੋਧੀ ਦੰਗੇ ਭੜਕ ਉੱਠੇ ਸਨ। ਸੈਸ਼ਨ ਕੋਰਟ ਨੇ ਅਗਸਤ, 2023 ’ਚ ਇਸ ਮਾਮਲੇ ’ਚ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਟਾਈਟਲਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਨਾ ਤਾਂ ਸਬੂਤਾਂ ਨਾਲ ਛੇੜਛਾੜ ਕਰਨਗੇ ਤੇ ਨਾ ਹੀ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਛੱਡ ਕੇ ਜਾਣਗੇ।








