ਰਾਜ ਸਭਾ ਮੈਂਬਰ ਸੰਜੇ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਬੰਦ ਕਮਰਾ ਮੀਟਿੰਗ ਹੋਈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੁਆਰਾ ਕੁਝ ਵਿਧਾਇਕਾਂ ਨੂੰ ਨਾਲ ਲੈ ਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀਆਂ ਅਟਕਲਾਂ ਵਿਚਾਲੇ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਬੰਦ ਕਮਰਾ ਮੀਟਿੰਗ ਹੋਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕਾਂ ਨੂੰ ਨਾਲ ਲੈ ਕੇ ਸੁਨੀਤਾ ਕੇਜਰੀਵਾਲ ਨਾਲ ਮੀਟਿੰਗ ਕਰਨ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਂਦਾ ਰਿਹਾ ਹੈ। ਜਾਗਰਣ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਦੇ ਵੀ ਵਿਧਾਇਕਾਂ ਨਾਲ ਅਜਿਹੀਆਂ ਮੀਟਿੰਗਾਂ ਕਰਨ ਨਹੀਂ ਗਏ। ਉਧਰ, ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਸਿਰਫ਼ ਅਫ਼ਸਰਸ਼ਾਹੀ ਨੂੰ ਚੁਸਤ ਕਰਨ ਲਈ ਹੀ ਮਿਲਣ ਗਏ ਸਨ ਤਾਂ ਜੋ ਆਮ ਲੋਕਾਂ ਦੇ ਕੰਮ ਹੋ ਸਕਣ। ਸੰਜੇ ਸਿੰਘ ਵੀ ਉਥੇ ਆਏ ਜੋ ਪਾਰਟੀ ਦੇ ਸੀਨੀਅਰ ਆਗੂ ਹਨ। ਇਸ ਮੁਲਾਕਾਤ ਨੂੰ ਇਸ ਤੋਂ ਵੱਧ ਨਹੀਂ ਦੇਖਿਆ ਜਾਣਾ ਚਾਹੀਦਾ।
ਦੂਜੇ ਪਾਸੇ ਇਹ ਵੀ ਪਤਾ ਲੱਗਾ ਹੈ ਕਿ ਅੱਜ ਸਵੇਰੇ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਬਾਦਲਿਆਂ ਨੂੰ ਲੈ ਕੇ ਪ੍ਰਮੁੱਖ ਗ੍ਰਹਿ ਸਕੱਤਰ ਗੁਰਕੀਰਤ ਕੱਰਿਪਾਲ ਸਿੰਘ ਨਾਲ ਨਾਰਾਜ਼ਗੀ ਪ੍ਰਗਟਾਈ ਹੈ। ਜਦੋਂ ਉਹ ਗ੍ਰਹਿ ਸਕੱਤਰ ਨਾਲ ਨਾਰਾਜ਼ਗੀ ਜ਼ਾਹਰ ਕਰ ਰਹੇ ਸਨ ਤਾਂ ਮੁੱਖ ਮੰਤਰੀ ਉਥੇ ਨਹੀਂ ਸਨ। ਸੰਧਵਾਂ ਨੇ ਭਾਰੀ ਰੋਸ ਪ੍ਰਗਟ ਕੀਤਾ।
ਪਰ ਮੁੱਖ ਮੰਤਰੀ ਸੰਜੇ ਸਿੰਘ ਅਤੇ ਕੁਲਤਾਰ ਸਿੰਘ ਸੰਧਵਾਂ ਵਿਚਕਾਰ ਹੋਈ ਮੀਟਿੰਗ ਨੂੰ ਕਾਫੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਦੋਵਾਂ ਆਗੂਆਂ ਵਿਚਾਲੇ ਸੰਜੇ ਸਿੰਘ ਦੀ ਮੌਜੂਦਗੀ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਤੇ ਸਪੀਕਰ ਵਿਚਾਲੇ ਸਭ ਕੁਝ ਠੀਕ ਨਹੀਂ ਰਿਹਾ ਪਰ ਜਦੋਂ ਇਹ ਮੀਟਿੰਗ ਖ਼ਤਮ ਹੋਈ ਤਾਂ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਪੀਕਰ ਨੂੰ ਬਾਹਰ ਤੱਕ ਛੱਡਣ ਲਈ ਆਏ। ਇਸਤੋਂ ਇਹ ਅੰਦਾਜ਼ਾ ਲਗਾਇਆ ਜਾ ਿਰਹਾ ਹੈ ਕਿ ਦੋਵਾਂ ਵਿਚਕਾਰ ਬਰਫ਼ ਪਿਘਲ ਗਈ ਸੀ। ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿੱਚ ਤਿੰਨਾਂ ਆਗੂਆਂ ਵਿਚਾਲੇ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਚਰਚਾ ਹੋਈ ਜਿਸ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਾਲ ਹੀ ਵਿੱਚ ਜਲੰਧਰ ਪੱਛਮੀ ਤੋਂ ਚੋਣ ਜਿੱਤੇ ਮਹਿੰਦਰ ਭਗਤ ਨੂੰ ਮੰਤਰੀ ਬਣਾਉਣ ਜਾ ਰਹੇ ਹਨ।
ਸਪੀਕਰ ਗ੍ਰਹਿ ਸਕੱਤਰ ਤੋਂ ਕਿਉਂ ਨਾਰਾਜ਼ ਹੋਏ?
ਸਪੀਕਰ ਕੁਲਤਾਰ ਸਿੰਘ ਸੰਧਵਾਂ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਆਪਣੇ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀ ਦਾ ਤਬਾਦਲਾ ਕਰਵਾਉਣ ਵਿੱਚ ਹੋ ਰਹੀ ਦੇਰੀ ਕਾਰਨ ਨਾਰਾਜ਼ ਸਨ। ਉਨ੍ਹਾਂ ਅੱਜ ਗ੍ਰਹਿ ਸਕੱਤਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੀ ਸੱਦ ਲਿਆ ਜਿੱਥੇ ਉਹ ਤਬਾਦਲਾ ਨਾ ਕੀਤੇ ਜਾਣ ’ਤੇ ਗੁੱਸੇ ਹੋਏ। ਗੁਰਕੀਰਤ ਕ੍ਰਿਪਾਲ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਫਾਈਲ ਮੁੱਖ ਮੰਤਰੀ ਕੋਲ ਜਾਣੀ ਹੈ, ਤਾਂ ਹੀ ਤਬਾਦਲਾ ਹੋ ਸਕਦਾ ਹੈ। ਇਸ ‘ਤੇ ਸਪੀਕਰ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਨੇ ਇਹ ਗੱਲ ਜ਼ੁਬਾਨੀ ਕਹੀ ਹੈ ਤਾਂ ਫਿਰ ਉਨ੍ਹਾਂ ਨੂੰ ਫਾਈਲ ਕਿਉਂ ਭੇਜੀ ਜਾ ਰਹੀ ਹੈ। ਇਸ ’ਤੇ ਉਨ੍ਹਾਂ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਗ੍ਰਹਿ ਮੰਤਰੀ ਵੀ ਹਨ, ਇਸ ਲਈ ਫਾਈਲ ਉਨ੍ਹਾਂ ਕੋਲ ਜਾਣੀ ਜ਼ਰੂਰੀ ਹੈ।