Home Desh ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ‘ਚ ਖੇਤਰੀ...

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ‘ਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

57
0

 ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਪੜ੍ਹਿਆ ਗਿਆ।

ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ।

ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ. ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਪੜ੍ਹਿਆ ਗਿਆ।

ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿੱਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ ਤਰ੍ਹਾਂ ਹੀ ਸਾਡੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ਦਾ ਮਾਣ-ਸਤਿਕਾਰ ਕੀਤਾ ਜਾਣਾ ਜ਼ਰੂਰੀ ਹੈ, ਕਿਉਂਕਿ ਵਿਭਿੰਨਤਾ ਜੀਵਨ ਦਾ ਆਧਾਰ ਹੈ।

ਸ. ਸੰਧਵਾਂ ਨੇ ਨਿਮਰਤਾ ਸਹਿਤ ਬੇਨਤੀ ਕਰਦਿਆਂ ਪੱਤਰ ਵਿੱਚ ਅੱਗੇ ਲਿਖਿਆ ਕਿ ਰਾਸ਼ਟਰਪਤੀ ਸਕੱਤਰੇਤ ਵੱਲੋਂ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੀਆਂ ਨੋਟੀਫਿਕੇਸ਼ਨਾਂ ਵਿੱਚ ਅੰਗਰੇਜ਼ੀ ਅਤੇ ਹਿੰਦੀ ਦੇ ਨਾਲ-ਨਾਲ ਖੇਤਰੀ ਭਾਸ਼ਾ ਨੂੰ ਵੀ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਛੋਟਾ ਜਿਹਾ ਪਰ ਸਾਰਥਕ ਕਦਮ ਖੇਤਰ ਦੇ ਅਮੀਰ ਸੱਭਿਆਚਾਰ ਨੂੰ ਮਾਨਤਾ ਦੇਣ ਦੇ ਨਾਲ-ਨਾਲ ਭਾਸ਼ਾਈ ਵਿਭਿੰਨਤਾ ਲਈ ਸਮਾਵੇਸ਼ ਅਤੇ ਸਨਮਾਨ ਦੀ ਭਾਵਨਾ ਨੂੰ ਮਜ਼ਬੂਤ ਕਰੇਗਾ।

ਭਾਰਤ ਜਿਹੇ ਵੰਨ-ਸੁਵੰਨਤਾ ਵਾਲੇ ਦੇਸ਼ ਵਿੱਚ ਖੇਤਰੀ ਭਾਸ਼ਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ. ਸੰਧਵਾਂ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਕਿ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਜੀਵੰਤ ਭਾਸ਼ਾਈ ਪਰੰਪਰਾਵਾਂ ਦੀ ਝਲਕ ਹੈ। ਉਨ੍ਹਾਂ ਕਿਹਾ ਕਿ ਮੂਲ ਭਾਸ਼ਾਵਾਂ ਸਿਰਫ਼ ਸੰਚਾਰ ਦਾ ਸਾਧਨ ਹੀ ਨਹੀਂ ਸਗੋਂ ਇਹ ਲੋਕਾਂ ਦੀ ਪਛਾਣ, ਇਤਿਹਾਸ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਰੂਹ ਹਨ। ਉਨ੍ਹਾਂ ਕਿਹਾ ਕਿ ਜੋ ਨਿੱਘ ਅਤੇ ਪਿਆਰ ਇੱਕ ਖੇਤਰੀ ਭਾਸ਼ਾ ਵਿੱਚੋਂ ਮਿਲਦਾ ਹੈ, ਉਹ ਕਿਸੇ ਹੋਰ ਭਾਸ਼ਾ ਵਿੱਚ ਉਸੇ ਢੰਗ ਨਾਲ ਜ਼ਾਹਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਅਖੀਰ ਵਿੱਚ ਕਿਹਾ ਕਿ ਖੇਤਰੀ ਭਾਸ਼ਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਅਸੀਂ ਆਪਣੇ ਨਾਗਰਿਕਾਂ ਵਿੱਚ ਏਕਤਾ ਅਤੇ ਆਪਸੀ ਸਮਝ ਦੇ ਬੰਧਨ ਨੂੰ ਹੋਰ ਮਜ਼ਬੂਤ ਕਰ ਸਕਦੇ ਹਾਂ ਅਤੇ ਅਨੇਕਤਾ ਵਿੱਚ ਏਕਤਾ ਨਾਲ ਇੱਕ ਮਜ਼ਬੂਤ ਦੇਸ਼ ਦੀ ਨੀਂਹ ਰੱਖ ਸਕਦੇ ਹਾ।
Previous articleਪੰਡੋਹ ਡੈਮ ਤੋਂ ਛੱਡਿਆ ਗਿਆ ਪਾਣੀ; ਬਿਆਸ ’ਚ ਵਧਿਆ ਪਾਣੀ ਦਾ ਪੱਧਰ, ਜਾਣੋ ਪੰਜਾਬ ਦੇ ਡੈਮਾਂ ਦਾ ਹਾਲ
Next articleWeather Update: ਸਾਵਧਾਨ!, 5 ਅਗਸਤ ਤੱਕ ਇਨ੍ਹਾਂ ਸੂਬਿਆਂ ਲਈ ਅਲਰਟ, ਹੋਵੇਗੀ ਭਾਰੀ ਬਾਰਸ਼

LEAVE A REPLY

Please enter your comment!
Please enter your name here