ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਈਡੀ, ਸੀਬੀਆਈ ਅਤੇ ਆਮਦਨ ਕਰ ਵਿਭਾਗ ਦਾ ਖੌਫ ਪੈਦਾ ਕੀਤਾ ਜਾ ਰਿਹਾ ਜਿਸ ਦੇ ਤਹਿਤ ਕਿਸੇ ਵੀ ਵਿਰੋਧੀ ਪਾਰਟੀ ਦੇ ਆਗੂ ਨੂੰ ਕੇਂਦਰੀ ਏਜੰਸੀ ਵੱਲੋਂ ਗ੍ਰਿਫ਼ਤਾਰ ਕਰ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਈਡੀ ਵੱਲੋਂ ਪੁੱਛ-ਗਿੱਛ ਲਈ ਬੁਲਾਇਆ ਗਿਆ ਸੀ ਪਰ ਪਹਿਲੀ ਪੇਸ਼ੀ ਦੌਰਾਨ ਹੀ ਈਡੀ ਵੱਲੋਂ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਬਹੁਤ ਹੀ ਮਾੜੀ ਗੱਲ ਹੈ।
ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਆਸ਼ੂ ਪਹਿਲਾਂ ਹੀ 7 ਮਹੀਨੇ ਜੇਲ੍ਹ ਕੱਟ ਚੁੱਕੇ ਹਨ ਅਤੇ ਹੁਣ ਉਹਨਾਂ ਨੂੰ ਮੁੜ ਕੇ ਗ੍ਰਿਫਤਾਰ ਕਰਨਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ। ਉਨਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਹਰ ਇੱਕ ਵਰਕਰ ਭਾਰਤ ਭੂਸ਼ਣ ਆਸ਼ੂ ਤੇ ਉਹਨਾਂ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹਾ ਹੈ।
ਉਹਨਾਂ ਕਿਹਾ ਕਿ ਕੇਂਦਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਦੇਣ ਜਾਂ ਨਾ ਦੇਣ ਬਾਰੇ ਵਿਦੇਸ਼ ਮੰਤਰਾਲਾ ਜਾਂ ਮੁੱਖ ਮੰਤਰੀ ਹੀ ਦੱਸ ਸਕਦੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਵਿੱਚ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਸਬੰਧੀ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕਾਂ ਵੱਲੋਂ ਜ਼ੋਰਦਾਰ ਤਰੀਕੇ ਨਾਲ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ, ਯੂਥ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਹਰਜਿੰਦਰ ਸਿੰਘ ਹੈਪੀ ਲਾਲੀ ਆਦਿ ਮੌਜੂਦ ਸਨ।