ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਹੁਣ 23 ਅਗਸਤ ਨੂੰ ਸੁਣਵਾਈ ਕਰੇਗਾ। ਅਦਾਲਤ ਨੇ ਅਗਲੀ ਤਰੀਕ ਦਿੰਦਿਆਂ ਕਿਹਾ ਕਿ ਦੂਜੇ ਪੱਖ ਨੂੰ ਵੀ ਸੁਣਿਆ ਜਾਵੇਗਾ। ਮਾਮਲੇ ‘ਚ ਸੀਬੀਆਈ ਦੁਆਰਾ ਉਨ੍ਹਾਂ ਦੀ ਗ੍ਰਿਫਤਾਰੀ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀਬੀਆਈ ਤੋਂ 23 ਅਗਸਤ ਤੱਕ ਜਵਾਬ ਮੰਗਿਆ ਹੈ।
ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ
ਦਰਅਸਲ ਪਟੀਸ਼ਨ ਵਿੱਚ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਦਿੱਲੀ ਹਾਈ ਕੋਰਟ ਦੇ 5 ਅਗਸਤ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਖ਼ਿਲਾਫ਼ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਜ਼ਮਾਨਤ ਲਈ ਹੇਠਲੀ ਅਦਾਲਤ ਜਾਣ ਲਈ ਵੀ ਕਿਹਾ ਸੀ।
ਮਨੀਸ਼ ਸਿਸੋਦੀਆ ਨੂੰ ਜ਼ਮਾਨਤ
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੇਸਾਂ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਸੀ। 17 ਮਹੀਨੇ ਦੀ ਕੈਦ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਜਲਦੀ ਹੀ ਜ਼ਮਾਨਤ ਮਿਲ ਜਾਵੇਗੀ।
ਈਡੀ ਮਾਮਲੇ ‘ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ
ਗੌਰਤਲਬ ਹੈ ਕਿ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ 21 ਮਾਰਚ ਤੋਂ ਹਿਰਾਸਤ ਵਿੱਚ ਹਨ। ਉਨ੍ਹਾਂ ਨੇ ਮਈ ਵਿੱਚ 21 ਦਿਨਾਂ ਦੀ ਅੰਤਰਿਮ ਜ਼ਮਾਨਤ ਹਾਸਲ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਮਨਜ਼ੂਰੀ ਦਿੱਤੀ ਸੀ। 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਈਡੀ ਮਾਮਲੇ ‘ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ‘ਚ ਉਨ੍ਹਾਂ ਮੰਨਿਆ ਕਿ ਉਹ 90 ਦਿਨਾਂ ਤੋਂ ਵੱਧ ਸਮੇਂ ਤੋਂ ਜੇਲ੍ਹ ‘ਚ ਰਹੇ ਹਨ। ਹਾਲਾਂਕਿ, ਇਸੇ ਮਾਮਲੇ ਵਿੱਚ 26 ਜੂਨ ਨੂੰ ਸੀਬੀਆਈ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਹਿਰਾਸਤ ਵਿੱਚ ਹਨ।