Home Desh 15 ਤੋਂ 22 ਸਤੰਬਰ ਤੱਕ ਜਲੰਧਰ ’ਚ ਹੋਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ, 28...

15 ਤੋਂ 22 ਸਤੰਬਰ ਤੱਕ ਜਲੰਧਰ ’ਚ ਹੋਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ, 28 ਅਗਸਤ ਤਕ ਕਰਵਾ ਸਕਦੇ ਹੋ ਰਜਿਸਟ੍ਰੇਸ਼ਨ

32
0

ਇਸ ਉਪਰੰਤ 11 ਅਕਤੂਬਰ ਤੋਂ 9 ਨਵੰਬਰ ਤੱਕ ਰਾਜ ਪੱਧਰੀ ਮੁਕਾਬਲੇ ਹੋਣਗੇ। 

ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਨੇ ਅੱਜ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਮਹਾਜਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹੇ ਵਿੱਚ 1 ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਅਤੇ 15 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਉਪਰੰਤ 11 ਅਕਤੂਬਰ ਤੋਂ 9 ਨਵੰਬਰ ਤੱਕ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖੇਡ ਮੁਕਾਬਲੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਖੇਡ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਰਹਿਣ, ਖਾਣ-ਪੀਣ, ਸੁਰੱਖਿਆ, ਮੈਡੀਕਲ ਟੀਮਾਂ, ਟਰਾਂਸਪੋਟੇਸ਼ਨ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧ ਅਗੇਤੇ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਖਿਡਾਰੀਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-50, 51-60 ਤੇ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।
ਡਾ. ਮਹਾਜਨ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਖਿਡਾਰੀ ਪੰਜਾਬ ਸਰਕਾਰ ਦੇ ਵਿਸ਼ੇਸ਼ ਪੋਰਟਲ eservices.punjab.gov.in ’ਤੇ 28 ਅਗਸਤ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ 14 ਸਤੰਬਰ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ 10 ਅਕਤੂਬਰ ਤੱਕ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਸਬੰਧੀ ਮਸ਼ਾਲ ਰਿਲੇਅ ਰੈਲੀ 24 ਅਗਸਤ ਨੂੰ ਸਵੇਰੇ ਹੁਸ਼ਿਆਰਪੁਰ ਤੋਂ ਜਲੰਧਰ ਪਹੁੰਚੇਗੀ, ਜਿਸ ਦਾ ਆਦਮਪੁਰ ਵਿਖੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਪਰੰਤ ਖਿਡਾਰੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੋਂ ਮਸ਼ਾਲ ਰਿਲੇਅ ਰੈਲੀ ਕੱਢਦੇ ਹੋਏ ਕਪੂਰਥਲਾ ਲਈ ਰਵਾਨਾ ਕਰ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਕੋਚ ਉਮੇਸ਼ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Previous articleਸੁਨਹਿਰੀ ਮੌਕਾ ! ਜਲੰਧਰ ‘ਚ 10 ਤੋਂ 20 ਨਵੰਬਰ ਤੱਕ ਹੋਵੇਗੀ ਫੌਜ ਦੀ ਭਰਤੀ ਰੈਲੀ, ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਲੈ ਸਕਦੇ ਹਨ ਭਾਗ
Next articlePunjab University ‘ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤੀ ਹਰੀ ਝੰਡੀ

LEAVE A REPLY

Please enter your comment!
Please enter your name here