ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਿੱਚ ਫੇਰਬਦਲ ਹੋਣ ਤੋਂ ਬਾਅਦ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਹਨਾਂ ਵਿੱਚ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦਾ ਵਿਭਾਗ ਦੇ ਸਾਬਕਾ ਮੰਤਰੀ ਬਲਕਾਰ ਸਿੰਘ ਦਾ ਨਾਮ ਸ਼ਾਮਿਲ ਹੈ।
ਇਸ ਤੋਂ ਇਲਾਵਾ ਬਾਗਬਾਨੀ, ਰੱਖਿਆ ਸੇਵਾਵਾਂ ਵੈਲਫੈਅਰ, ਸੁਤੰਤਰਤਾ ਸੰਗ੍ਰਾਮੀ ਵੈਲਫੈਅਰ ਵਿਭਾਗ ਦੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਰਿਵੈਨਿਊ, ਡਿਜਾਸਟਰ ਮਨੇਜਮੈਂਟ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਾਬਕਾ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਅਤੇ ਲੇਬਰ ਅਤੇ ਸ਼ੈਰ ਸਪਾਟਾ ਵਿਭਾਗ ਦੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦਾ ਨਾਮ ਸ਼ਾਮਿਲ ਹਨ।
ਨੋਟਿਸ ਵਿੱਚ ਕੀ ਲਿਖਿਆ ਹੈ
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਸਰਕਾਰੀ ਰਿਹਾਇਸ਼ ਨੂੰ 15 ਦਿਨਾਂ ਤੱਕ ਰਿਟੇਨ ਕੀਤਾ ਜਾ ਸਕਦਾ ਹੈ। ਜਿਸ ਤੋਂ ਬਾਅਦ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨਾ ਪਵੇਗਾ। ਵਿਭਾਗ ਵੱਲੋਂ ਨੋਟਿਸ ਵਿੱਚ ਦ ਈਸਟ ਪੰਜਾਬ ਮਨਿਸਟਰਜ਼ ਸੈਲਰੀਜ਼ ਐਕਟ, 1947 ਅਤੇ ਸਮੇਂ ਸਮੇਂ ਤੇ ਹੋਈਆਂ ਸੋਧਾਂ ਦਾ ਹਵਾਲਾ ਦਿੱਤਾ ਗਿਆ ਹੈ।