ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ ਕਾਰ ਨੂੰ ਵੀ ਜ਼ਬਤ ਕੀਤਾ ਹੈ।
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐੱਸਏਐੱਸ ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ’ਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ਼ ਸਲੀਵ ਜੈਕਟਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ਼ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ ਕਾਰ ਨੂੰ ਵੀ ਜ਼ਬਤ ਕੀਤਾ ਹੈ। ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਦਿੱਲੀ ਸਥਿਤ ਅਫ਼ਗਾਨ ਨਾਗਰਿਕ ਤੋਂ ਖ਼ਰੀਦੀ ਗਈ ਸੀ, ਜਿਸ ਨਾਲ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਨਾਲ ਸਬੰਧਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਇਹ ਸਾਹਮਣੇ ਆਇਆ ਹੈ ਕਿ ਉਹ ਗ੍ਰਿਫ਼ਤਾਰੀ ਤੋਂ ਬਚਣ ਲਈ ਜੈਕਟਾਂ ’ਚ ਹੈਰੋਇਨ ਲੁਕਾ ਕੇ ਇਸ ਦੀ ਤਸਕਰੀ ਕਰਦੇ ਸਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਕੋਟਕਪੂਰਾ ਦੇ ਨਸ਼ਾ ਤਸਕਰ ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰ ਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਤਸਕਰੀ ਕੀਤੀ ਸੀ ਅਤੇ ਹਾਲ ਹੀ ਵਿਚ ਸਤੰਬਰ ਦੇ ਅੱਧ ਵਿਚ 10 ਕਿਲੋ ਹੈਰੋਇਨ ਖ਼ਰੀਦੀ ਸੀ, ਜੋ ਮੋਗਾ ’ਚ ਸਪਲਾਈ ਕੀਤੀ ਗਈ ਸੀ। ਐੱਨਡੀਪੀਐੱਸ ਐਕਟ ਦੇ ਘੱਟੋ-ਘੱਟ 10 ਕੇਸਾਂ ਦਾ ਸਾਹਮਣਾ ਕਰ ਰਿਹਾ ਮੁਲਜ਼ਮ ਲਖਵਿੰਦਰ ਸਿੰਘ ਇਸ ਮਾਡਿਊਲ ਦਾ ਮੁੱਖ ਸਰਗਨਾ ਦੱਸਿਆ ਜਾ ਰਿਹਾ ਹੈ, ਜੋ ਨਸ਼ੇ ਦੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਫ਼ਰਾਰ ਲਖਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਹੈਰੋਇਨ ਸਮੇਤ ਡਰੱਗ ਸਿੰਡੀਕੇਟ ਦੇ ਦੋ ਮੈਂਬਰ ਚਿੱਟੇ ਰੰਗ ਦੀ ਹੁੰਡਈ ਔਰਾ ’ਚ ਦਿੱਲੀ ਤੋਂ ਮੁਹਾਲੀ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ’ਚ ਪੁਲਿਸ ਟੀਮਾਂ ਨੇ ਲਾਲੜੂ ਦੇ ਦੱਪਰ ਟੋਲ ਪਲਾਜ਼ਾ ਨੇੜੇ ਇਕ ਵਿਸ਼ੇਸ਼ ਨਾਕਾ ਲਗਾਇਆ ਅਤੇ ਵਾਹਨ ਨੂੰ ਸਫ਼ਲਤਾਪੂਰਵਕ ਘੇਰਾ ਪਾ ਕੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਐੱਸਐੱਸਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ ਜਿਸ ਖ਼ਿਲਾਫ਼ 2020 ’ਚ ਅਗਵਾ ਦਾ ਕੇਸ ਦਰਜ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਮਈ 2024 ਵਿੱਚ ਫਰੀਦਕੋਟ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਉਹ ਜੁਲਾਈ 2024 ’ਚ ਹੈਰੋਇਨ ਦੀ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਇਆ ਸੀ। ਐੱਸਐੱਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੋਹਾਣਾ, ਐੱਸਏਐੱਸ ਨਗਰ ਵਿੱਚ ਕਿਰਾਏ ’ਤੇ ਰਿਹਾਇਸ਼ ਵੀ ਲਈ ਹੋਈ ਸੀ। ਇਸ ਸਬੰਧ ’ਚ ਐੱਸਏਐੱਸ ਨਗਰ ਦੇ ਥਾਣਾ ਲਾਲੜੂ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐੱਫ਼ਆਈਆਰ 03 ਅਕਤੂਬਰ 2024 ਨੂੰ ਦਰਜ ਕੀਤੀ ਗਈ ਹੈ।