ਸਾਬਕਾ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਐਤਵਾਰ ਨੂੰ ਪ੍ਰਸਾਰਿਤ ਇੱਕ ਇੰਟਰਵਿਊ ’ਚ ਕਿਹਾ ਕਿ ਟਰੂਡੋ ਸਬੂਤਾਂ ਦੀ ਬਜਾਏ ਖੁਫੀਆ ਜਾਣਕਾਰੀ ‘ਤੇ ਭਰੋਸਾ ਕਰ ਰਹੇ ਹਨ।
ਕੈਨੇਡਾ ’ਚ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਪੱਖੀ ਸਿਆਸੀ ਸਬੰਧਾਂ ਨੂੰ ਖ਼ਰਾਬ ਕਰ ਦਿੱਤਾ ਹੈ। ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਕਤਲ ਕਾਂਡ ਨੂੰ ਲੈ ਕੇ ਵਿਵਾਦ ਵਧਣ ਤੋਂ ਬਾਅਦ ਭਾਰਤ ਸਰਕਾਰ ਨੇ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਹੋਰ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਸੀ। ਸਾਬਕਾ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਐਤਵਾਰ ਨੂੰ ਪ੍ਰਸਾਰਿਤ ਇੱਕ ਇੰਟਰਵਿਊ ’ਚ ਕਿਹਾ ਕਿ ਟਰੂਡੋ ਸਬੂਤਾਂ ਦੀ ਬਜਾਏ ਖੁਫੀਆ ਜਾਣਕਾਰੀ ‘ਤੇ ਭਰੋਸਾ ਕਰ ਰਹੇ ਹਨ। ਭਾਰਤ ਅਤੇ ਕੈਨੇਡਾ ਦੇ ਸਿਆਸੀ ਰਿਸ਼ਤੇ ਨੂੰ ਟਰੂਡੋ ਨੇ ਤਬਾਹ ਕਰ ਦਿੱਤਾ। ਨਿੱਝਰ ਦੀ ਹੱਤਿਆ ਦੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ। ਨਿੱਝਰ ਦੀ ਹੱਤਿਆ ਨਾਲ ਕੋਈ ਲੈਣ-ਦੇਣ ਨਹੀਂ ਹੈ। ਸਾਰੇ ਦੋਸ਼ ਸਿਆਸਤ ਤੋਂ ਪ੍ਰੇਰਿਤ ਹਨ। ਜ਼ਿਕਰਯੋਗ ਹੈ ਕਿ ਭਾਰਤ ਨੇ ਕਿਹਾ ਹੈ ਕਿ ਕੈਨੇਡੀਅਨ ਸਰਕਾਰ ਸਿਆਸੀ ਲਾਭ ਲਈ ਭਾਰਤ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਸਮੇਤ ਛੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਕੈਨੇਡਾ ਨੇ ਵੀ ਛੇ ਭਾਰਤੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਟਰੂਡੋ ਨੇ ਨਿੱਝਰ ਦੇ ਕਤਲ ਕੇਸ ’ਚ ਛੇ ਭਾਰਤੀ ਡਿਪਲੋਮੈਟਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਹੈ।