ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮੈਡੀਕਲ ਕਾਲਜਾਂ ਨੂੰ ਨਵਾਂ ਰੂਪ ਦੇਣ ਦਾ ਟੀਚਾ ਆਮ ਲੋਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਲਈ ਬਿਹਤਰ ਇਲਾਜ ਅਤੇ ਜਾਂਚ ਸਹੂਲਤਾਂ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੇ ਨਵੀਨੀਕਰਨ ਲਈ ਇੱਕ ਯੋਜਨਾ ਤਿਆਰ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਉਦੇਸ਼ ਲਈ 68.98 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਨੇ ਸਹੂਲਤਾਂ ਦਾ ਵਿਸਥਾਰ ਕਰਨ ਦੇ ਹੁਕਮ ਜਾਰੀ ਕੀਤੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਰੀਜ਼ਾਂ ਦੀ ਬਿਹਤਰ ਸੇਵਾ ਲਈ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ, ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਬਹੁਤ ਜ਼ਰੂਰੀ ਹੈ। ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਤੁਰੰਤ 68.98 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
ਕਿਹੜੇ ਮੈਡੀਕਲ ਕਾਲਜਾਂ ਲਈ ਫੰਡ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਲਈ 26.53 ਕਰੋੜ ਰੁਪਏ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਲਈ 28.51 ਕਰੋੜ ਰੁਪਏ, ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਐਸ.ਏ.ਐਸ. ਨਗਰ (ਮੋਹਾਲੀ) ਲਈ 9.43 ਕਰੋੜ ਰੁਪਏ ਅਤੇ ਪੀ.ਜੀ.ਆਈ ਸੈਟੇਲਾਈਟ ਸੈਂਟਰ, ਫਿਰੋਜ਼ਪੁਰ ਲਈ 4.51 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਰੀ ਅਤੇ ਹੋਰ ਉਪਕਰਣ ਖਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ।


![CM-Bhagwant-Mann-Order-to-release-funds-for-medical-colleges[1]](https://punjabprotv.com/Punjabi/wp-content/uploads/2025/12/CM-Bhagwant-Mann-Order-to-release-funds-for-medical-colleges1-640x360.jpg)






