ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਰ ਰਾਤ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲੇ ਦੀ ਖ਼ਬਰ ਸੁਣਨ ਤੋਂ ਬਾਅਦ, ਮੈਂ ਉਨ੍ਹਾਂ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਜਲੰਧਰ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਬੀਜੇਪੀ ਆਗੂ ਮਨੋਰੰਜਨ ਕਾਲੀਆ ਦੇ ਘਰ ਤੇ ਦੇਰ ਰਾਤ ਗ੍ਰਨੇਡ ਹਮਲਾ ਹੋਇਆ ਹੈ। ਇਹ ਹਮਲਾ ਦੇਰ ਰਾਤ 1 ਵਜੇ ਤੋਂ ਢੇਡ ਵਿਚਕਾਰ ਹੋਇਆ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹੜਕੰਪ ਮੰਚ ਗਿਆ। ਤੜਕ ਸਾਰ ਤੋਂ ਹੀ ਮਨੋਰੰਜਨ ਕਾਲੀਆ ਦੇ ਘਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਲੈ ਕੇ ਪੰਜਾਬ ਦਾ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਲੈ ਕੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਪਹੁੰਚ ਗਏ। ਇਸ ਤੋਂ ਇਲਾਵਾ ਜਲੰਧਰ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੀ ਪਹੁੰਚੇ ਹਨ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਘਟਨਾ ਦੀ ਨਿੰਦਾ ਕੀਤੀ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਏ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਗ੍ਰਨੇਡ ਧਮਾਕਿਆਂ ਦੀਆਂ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ। ਭਾਵੇਂ ਉਹ ਪੁਲਿਸ ਸਟੇਸ਼ਨ ਦੇ ਅੰਦਰ ਹੋਵੇ ਜਾਂ ਪੁਲਿਸ ਅਧਿਕਾਰੀ ਦੀ ਕਾਰ ਵਿੱਚ। ਪੰਜਾਬ ਵਿੱਚ ਗ੍ਰਨੇਡ ਖਿਡੌਣਿਆਂ ਵਾਂਗ ਘੁੰਮ ਰਹੇ ਹਨ। ਸਾਡੇ ਨੇਤਾ ਮਨੋਰੰਜਨ ਕਾਲੀਆ ਪੰਜਾਬ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ।
ਉਨ੍ਹਾਂ ਨੇ ਕਿਹਾ ਕਿ ਮਨੋਰੰਜਨ ਕਾਲੀਆ ਸੋਮਵਾਰ ਨੂੰ ਚੰਡੀਗੜ੍ਹ ਤੋਂ ਆਇਆ ਸੀ ਅਤੇ ਆਪਣੇ ਘਰ ਆਰਾਮ ਕਰ ਰਹੇ ਸਨ। ਇਸ ਸਮੇਂ ਦੌਰਾਨ, ਉਨ੍ਹਾਂ ਦੇ ਘਰ ‘ਤੇ ਅਜਿਹਾ ਹਮਲਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਧਮਾਕੇ ਨਾਲ ਘਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਘਰ ਦੀ ਪਹਿਲੀ ਮੰਜ਼ਿਲ ‘ਤੇ ਵੀ ਸ਼ੀਸ਼ੇ ਟੁੱਟ ਗਏ।
ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਚਨਬੱਧ- ਅਮਨ ਅਰੋੜਾ
ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਰ ਰਾਤ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲੇ ਦੀ ਖ਼ਬਰ ਸੁਣਨ ਤੋਂ ਬਾਅਦ, ਮੈਂ ਉਨ੍ਹਾਂ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਦਾ ਪੂਰਾ ਪਰਿਵਾਰ ਸੁਰੱਖਿਅਤ ਹੈ। ਅਜਿਹੇ ਕਾਇਰਤਾਪੂਰਨ ਹਮਲੇ ਡਰੱਗ ਮਾਫੀਆ ਅਤੇ ਗੈਂਗਸਟਰਾਂ ‘ਤੇ ਰੋਜ਼ਾਨਾ ਕੀਤੀ ਜਾ ਰਹੀ ਕਾਰਵਾਈ ਕਾਰਨ ਪੈਦਾ ਹੋਈ ਦਹਿਸ਼ਤ ਦੀ ਨਿਸ਼ਾਨੀ ਹਨ। ਪੁਲਿਸ ਅਪਰਾਧੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਲਈ ਵਚਨਬੱਧ ਹੈ।