ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ ਸੁਵਿਧਾ ਕੇਂਦਰ ਖੋਲ੍ਹੇ ਜਾਣਗੇ। ਇਹ ਖੁਲਾਸਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਇਹ ਸੈਂਟਰ ਮਰੀਜ਼ਾਂ ਦੀ ਸਹੂਲਤ ਲਈ ਸਾਰੇ ਸਰਕਾਰੀ ਹਸਪਤਾਲਾਂ ਦੇ ਗੇਟਾਂ ’ਤੇ ਖੋਲ੍ਹੇ ਜਾਣਗੇ। ਇਨ੍ਹਾਂ ਸੈਂਟਰਾਂ ਵਿੱਚ ਬੈਠਣ ਲਈ ਉਚਿੱਤ ਪ੍ਰਬੰਧ ਤੋਂ ਇਲਾਵਾ ਤਾਇਨਾਤ ਅਮਲੇ ਵੱਲੋਂ ਮਰੀਜ਼ਾਂ ਦੀ ਲੋੜ ਅਨੁਸਾਰ ਡਾਕਟਰਾਂ ਸਬੰਧੀ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਵਾਰ ਮਰੀਜ਼ਾਂ ਦੀ ਸਹੂਲਤ ਤੇ ਸਹੀ ਜਾਣਕਾਰੀ ਦੇਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ ਸੁਵਿਧਾ ਕੇਂਦਰ ਖੋਲ੍ਹੇ ਜਾ ਰਹੇ ਹਨ। ਉਹ ਵੀਰਵਾਰ ਨੂੰ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਅਸ਼ੋਕ ਮਿੱਤਲ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਹ ਸੈਂਟਰ ਮਰੀਜ਼ਾਂ ਦੀ ਸਹੂਲਤ ਲਈ ਸਾਰੇ ਸਰਕਾਰੀ ਹਸਪਤਾਲਾਂ ਦੇ ਗੇਟਾਂ ’ਤੇ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਵਿੱਚ ਬੈਠਣ ਲਈ ਉਚਿੱਤ ਪ੍ਰਬੰਧ ਤੋਂ ਇਲਾਵਾ ਤਾਇਨਾਤ ਅਮਲੇ ਵੱਲੋਂ ਮਰੀਜ਼ਾਂ ਦੀ ਲੋੜ ਅਨੁਸਾਰ ਡਾਕਟਰਾਂ ਸਬੰਧੀ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਮਲੇ ਵੱਲੋਂ ਖਾਸ ਕਰਕੇ ਬਿਮਾਰ ਤੇ ਬਜ਼ੁਰਗ ਮਰੀਜ਼ਾਂ ਨੂੰ ਖੁਦ ਡਾਕਟਰ ਦੇ ਕਮਰਿਆਂ ਤੱਕ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਆ ਕੇ ਇਲਾਜ ਦੀ ਸਹੂਲਤ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ ਤੇ ਉਨ੍ਹਾਂ ਦੀ ਸੰਤੁਸ਼ਟੀ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ 98 ਫੀਸਦ ਮਰੀਜ਼ ਆਮ ਆਦਮੀ ਕਲੀਨਿਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੋਂ ਸੰਤੁਸ਼ਟ ਹਨ।