Home Desh ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਹੋਵੇਗੀ ਸੁਪਰੀਮ ਕੋਰਟ ‘ਚ ਅਹਿਮ...

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਹੋਵੇਗੀ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ

51
0

ਚੰਡੀਗੜ੍ਹ ਮੇਅਰ ਚੋਣ ‘ਚ ਕਥਿਤ ਧਾਂਦਲੀ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ (ਸੋਮਵਾਰ) ਸੁਣਵਾਈ ਕਰੇਗਾ। ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਨਵੇਂ ਸਿਰੇ ਤੋਂ ਮੇਅਰ ਚੋਣਾਂ ਦੀ ਮੰਗ ਕਰਨ ਵਾਲੀ ‘ਆਪ’ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ। ਮੇਅਰ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦਾ ਜ਼ਿਕਰ ਕੀਤਾ ਸੀ ਅਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਜਿੱਤ ਕੇ ਤਿੰਨੋਂ ਅਹੁਦਿਆਂ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਹੈ। ਇਸ ਚੋਣ ਨੂੰ ਕਾਂਗਰਸ-ਆਪ ਗਠਜੋੜ ਲਈ ਝਟਕੇ ਵਜੋਂ ਦੇਖਿਆ ਜਾ ਰਿਹਾ ਸੀ। ਪੀੜਤ ਧਿਰ ਨੇ ਪ੍ਰੀਜ਼ਾਈਡਿੰਗ ਅਫ਼ਸਰ ’ਤੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ।

ਬੁੱਧਵਾਰ ਨੂੰ ਹਾਈ ਕੋਰਟ ਦੇ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਹਰਸ਼ ਬੰਗੜ ਦੀ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ‘ਆਪ’ ਨੇ ਦੋਸ਼ ਲਾਇਆ ਸੀ ਕਿ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਹੈ। ਪਾਰਟੀ ਨੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ, ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਅਤੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ‘ਆਪ’ ਕੌਂਸਲਰ ਕੁਮਾਰ ਨੇ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਨ ਅਤੇ ਪਟੀਸ਼ਨ ਨੂੰ ਤਿੰਨ ਹਫ਼ਤਿਆਂ ਬਾਅਦ ਸੂਚੀਬੱਧ ਕਰਨ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

Previous articleਮੋਦੀ ਸਰਕਾਰ ਵੱਲੋਂ ਟਰੱਕ ਚਾਲਕਾਂ ਨੂੰ ਵੱਡੀ ਸੌਗਾਤ
Next articleਵੈਸਟਨ ਡਿਸਟਰਬੈਂਸ ਦਾ ਅਸਰ ਖਤਮ

LEAVE A REPLY

Please enter your comment!
Please enter your name here