CBSE ਬੋਰਡ ਦੀਆਂ ਪ੍ਰੀਖਿਆਵਾਂ ਅੱਜ ਯਾਨੀ 15 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਦਿੱਲੀ-ਐੱਨਸੀਆਰ ‘ਚ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਹੈ, ਜਿਸ ਨੂੰ ਦੇਖਦੇ ਹੋਏ ਬੋਰਡ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਕਾਰਨ ਰਾਸ਼ਟਰੀ ਰਾਜਧਾਨੀ ‘ਚ ਲਗਾਈਆਂ ਗਈਆਂ ਆਵਾਜਾਈ ਪਾਬੰਦੀਆਂ ਦੇ ਮੱਦੇਨਜ਼ਰ CBSE ਨੇ ਬੁੱਧਵਾਰ ਨੂੰ ਬੋਰਡ ਦੀਆਂ ਪ੍ਰੀਖਿਆਵਾਂ ‘ਚ ਬੈਠਣ ਜਾ ਰਹੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਕੇ ਉਨ੍ਹਾਂ ਨੂੰ ਸਮੇਂ ਸਿਰ ਪ੍ਰੀਖਿਆ ਕੇਂਦਰ ਪਹੁੰਚਣ ਲਈ ਕਿਹਾ ਹੈ।
ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ‘ਚ ਫਿਲਹਾਲ ਆਵਾਜਾਈ ‘ਤੇ ਪਾਬੰਦੀਆਂ ਹਨ। CBSE ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀਰਵਾਰ ਤੋਂ ਸ਼ੁਰੂ ਹੋਣਗੀਆਂ। ਇਸ ਸਾਲ ਦੇਸ਼ ਅਤੇ 26 ਹੋਰ ਦੇਸ਼ਾਂ ਦੇ 39 ਲੱਖ ਤੋਂ ਵੱਧ ਵਿਦਿਆਰਥੀ ਬੋਰਡ ਪ੍ਰੀਖਿਆ ਵਿੱਚ ਭਾਗ ਲੈ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ 877 ਪ੍ਰੀਖਿਆ ਕੇਂਦਰਾਂ ‘ਤੇ 5.8 ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਦੇਣਗੇ। ਸੀਬੀਐਸਈ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ, “ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ, ਇਸ ਲਈ ਸਾਰੇ ਵਿਦਿਆਰਥੀਆਂ ਨੂੰ ਸਵੇਰੇ 10 ਵਜੇ ਜਾਂ ਇਸ ਤੋਂ ਪਹਿਲਾਂ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।” ਦਿੱਲੀ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਇੱਥੇ ਟਰੈਫਿਕ ਸਬੰਧੀ ਸਮੱਸਿਆਵਾਂ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਇਸ ਲਈ, ਸਾਰੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਨੂੰ ਜਲਦੀ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਉਹ ਸੀਬੀਐਸਈ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਸਮੇਂ ਸਿਰ (ਕੇਂਦਰ) ਪਹੁੰਚ ਸਕਣ।