ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਸਾਥੀਆਂ ਉਪਰ ਲੱਗੇ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਨੂੰ ਹਟਾਉਣ ਦਾ ਮਾਮਲਾ ਗਰਮਾ ਗਿਆ ਹੈ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਸਾਥੀਆਂ ਉਪਰ ਲੱਗੇ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਨੂੰ ਹਟਾਉਣ ਦਾ ਮਾਮਲਾ ਗਰਮਾ ਗਿਆ ਹੈ। ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਐਨਐਸਏ ਲਾਉਣ ਦੇ ਮਾਮਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ।
ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਵੇਗੀ। ਉਨ੍ਹਾਂ ਨੇ ਆਪਣੇ ‘ਤੇ ਲਗਾਏ ਗਏ ਇਸ ਐਕਟ ਨੂੰ ਗਲਤ ਕਰਾਰ ਦਿੱਤਾ ਹੈ। ਇਸ ਮੌਕੇ ਸਾਰੀਆਂ ਧਿਰਾਂ ਵੱਲੋਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ। ਹਾਲਾਂਕਿ ਪਿਛਲੀ ਸੁਣਵਾਈ ‘ਤੇ NSA ਵਧਾਉਣ ਦੀ ਜਾਣਕਾਰੀ ਦਿੱਤੀ ਗਈ ਸੀ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਤੇ ਬਸੰਤ ਸਿੰਘ ਨੇ ਐਨਐਸਏ ਤਹਿਤ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਆਪਣੀ ਪਟੀਸ਼ਨ ‘ਚ ਉਨ੍ਹਾਂ ਨੇ ਆਪਣੇ ‘ਤੇ ਲਾਏ ਗਏ NSA ਨੂੰ ਗਲਤ ਤੇ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਸੀ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਤੋਂ ਵੀ ਇਸ ਐਕਟ ਬਾਰੇ ਕੁਝ ਜਾਣਕਾਰੀ ਮੰਗੀ ਸੀ। ਉਨ੍ਹਾਂ ਵੱਲੋਂ ਜੇਲ੍ਹ ਨਾਲ ਜੁੜੀ ਜਾਣਕਾਰੀ ਮੁਹੱਈਆ ਕਰਵਾਈ ਗਈ ਸੀ।
ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਸੰਸਦ ਮੈਂਬਰ ਦੇ ਅਹੁਦੇ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਰਹੇ ਵਿਕਰਮਜੀਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ 5 ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਦਲੀਲ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਸਨ।
ਇਸ ਤੋਂ ਇਲਾਵਾ ਦਾਅਵਾ ਕੀਤਾ ਗਿਆ ਹੈ ਕਿ ਨਾਮਜ਼ਦਗੀ ਪੱਤਰ ਅਧੂਰਾ ਸੀ। ਫੰਡ, ਦਾਨ ਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਸੀ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਸੀ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ ਸੀ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਹੋਵੇਗੀ।