Home Desh ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ...

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

28
0

ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।
ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ।
ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ  ਵਿੱਚ ਸਹਾਈ ਹੋਵੇਗਾ।
ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ  ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।
Previous articleਖੰਨਾ ‘ਚ ਈਡੀ ਵੱਲੋਂ ਕਾਂਗਰਸੀ ਆਗੂ ਦੇ ਘਰ ਰੇਡ, ਤੜਕੇ ਪਹੁੰਚੀ ਟੀਮ ਰਿਕਾਰਡ ਦੀ ਕੀਤੀ ਜਾ ਰਹੀ ਜਾਂਚ
Next articleChandigarh: ਚੰਡੀਗੜ੍ਹ ‘ਚ ਡਟੇ ਕਿਸਾਨਾਂ ਨੇ ਮੰਗਾਂ ਮੰਨਵਾ ਕੇ ਚੁੱਕਿਆ ਧਰਨਾ, ਪਾਏ ਘਰਾਂ ਨੂੰ ਚਾਲੇ

LEAVE A REPLY

Please enter your comment!
Please enter your name here