ਮੰਡੀਆਂ ਵਿੱਚ ਫਸਲ ਦੀ ਉਤਾਰੀ ਅਤੇ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ
ਪੰਜਾਬ ਸਰਕਾਰ ਨੇ ਮੰਡੀਆਂ ‘ਚ ਕੰਮ ਕਰਨ ਵਾਲਿਆਂ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਲੇਬਰ ਚਾਰਜ ‘ਚ ਇੱਕ ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ‘ਚ ਸ਼ੁਰੂ ਹੋਈ ਝੋਨੇ ਦੀ ਖਰੀਦ ਨੂੰ ਲੈ ਕੇ ਮੀਟਿੰਗ ਬੁਲਾਈ ਸੀ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ।
ਮੰਡੀਆਂ ‘ਚ ਫਸਲ ਦੀ ਢੁਆਈ ਤੇ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੀ ਬਹੁਤ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਸਰਕਾਰ ਨੇ ਹੁਣ ਪੂਰਾ ਕਰ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖ਼ਜ਼ਾਨੇ ‘ਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ। ਖਰੀਦ ਦੇ ਇਸ ਸੀਜ਼ਨ ਦੌਰਾਨ 185 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ‘ਚ ਲਿਆਉਣ ਦੀ ਉਮੀਦ ਹੈ।
ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਪੰਜਾਬ ‘ਚ ਝੋਨੇ ਦਾ ਇੱਕ ਦਾਣਾ ਵੀ ਨਹੀਂ ਚੁੱਕਿਆ ਗਿਆ ਸੀ। ਪਹਿਲੇ ਦਿਨ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਕਾਰਨ ਕਮਿਸ਼ਨ ਏਜੰਟਾਂ ਤੇ ਰਾਈਸ ਮਿੱਲਰਾਂ ਦੀ ਹੜ੍ਹਤਾਲ ਸੀ।
ਸਰਕਾਰ ਦਾ ਇਹ ਹੈ ਟੀਚਾ
ਇਸ ਦੌਰਾਨ ਸੀਐਮ ਮਾਨ ਨੇ ਮੀਟਿੰਗ ਵਿੱਚ ਹਾਜ਼ਰ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਦਾਣਾ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਇਹ ਵੀ ਤੈਅ ਕਰਨਾ ਚਾਹੀਦਾ ਹੈ ਕਿ ਮੰਡੀ ਵਿੱਚ ਲਿਆਂਦੀ ਗਈ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਜਲਦੀ ਕੀਤੀ ਜਾਵੇ।
ਇਸ ਵਾਰ ਪੰਜਾਬ ਸਰਕਾਰ ਨੇ 185 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਹੈ। ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਸੀਐਮ ਮਾਨ ਨੇ ਖਰੀਦ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ।